ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਾਘਾਪੁਰਾਣਾ ਵਿੱਚ ਕਿਸਾਨ ਮਹਾਪੰਚਾਇਤ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਡਟੇ ਰਹਿਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਉਹ ਦਿੱਲੀ ਵਿੱਚ ਹਨ, ਕਿਸਾਨ ਕੋਈ ਫਿਕਰ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਅੰਦੋਲਨ ਦਾ ਹਿੱਸਾ ਬਣੇ। ਇਸ ਕਰਕੇ ਹੁਣ ਬੀਜੇਪੀ ਸਰਕਾਰ ਉਨ੍ਹਾਂ ਨੂੰ ਤੰਗ ਕਰ ਰਹੀ ਹੈ।
ਕੇਜਰੀਵਾਲ ਨੇ ਪੰਜਾਬੀਆਂ ਦਾ ਖੂਬ ਤਾਰੀਫਾਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਸਲੂਟ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਿਰੁੱਧ ਆਵਾਜ਼ ਪੰਜਾਬ ਤੋਂ ਹੀ ਉੱਠੀ। ਹੁਣ ਇਹ ਅੰਦੋਲਨ ਦੇਸ਼ ਭਰ ਵਿੱਚ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਅੰਦਰ ਕੋਈ ਲਹਿਰ ਪੈਦਾ ਹੋਈ ਹੈ ਤਾਂ ਉਸ ਦੀ ਅਗਵਾਈ ਪੰਜਾਬ ਦੇ ਲੋਕਾਂ ਨੇ ਕੀਤੀ। ਕੇਜਰੀਵਾਲ ਨੇ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਕਿਸਾਨ ਸੰਘਰਸ਼ ‘ਚ ਸ਼ਹੀਦ ਸੂਬੇ ਦੇ 282 ਕਿਸਾਨਾਂ ਤੇ ਬੀਬੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ।
ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਿਸਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਦੇਸ਼ਧ੍ਰੋਹੀ ਨਹੀਂ ਹੋ ਸਕਦਾ ਤੇ ਕਿਸਾਨਾਂ ਲਈ ਖੇਤੀਬਾੜੀ ਕਾਨੂੰਨ ਮੌਤ ਦੇ ਵਾਰੰਟ ਹਨ। ਅੱਜ ਦੇਸ਼ ਦਾ ਕਿਸਾਨ ਬਹੁਤ ਪੀੜਾ ਵਿੱਚ ਹੈ। ਕਿਸਾਨਾਂ ਦੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਪੰਜਾਬ ਤੋਂ ਅਵਾਜ਼ ਉੱਠੀ ਤੇ ਅੱਜ ਇਹ ਸੰਘਰਸ਼ ਪੂਰੇ ਦੇਸ਼ ‘ਚ ਫੈਲ ਗਿਆ ਹੈ। ਉਹ ਕਿਸਾਨਾਂ ਦੇ ਨਾਲ ਹਨ।