ਜਲੰਧਰ, 2 ਅਪ੍ਰੈਲ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪਿੰਡ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ਦੇ ਕੰਢੇ ‘ਤੇ ਕੀਤੇ ਜਾ ਰਹੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਅਤੇ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹੜ੍ਹਾਂ ਪ੍ਰਤੀ ਸੰਵੇਦਨਸ਼ੀਲ ਇਸ ਇਲਾਕੇ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਹੜ੍ਹਾਂ ਦੀ ਰੋਕਥਾਮ ਦੇ ਕੰਮ ਵਿਚ ਹਰ ਲੋੜੀਂਦੀ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਤ ਸੀਚੇਵਾਲ ਨੂੰ ਦਰਿਆ ਦੇ ਕਿਨਾਰਿਆਂ ‘ਤੇ ਚੱਲ ਰਹੇ ਕੰਮਾਂ ਵਿਚ ਸਹਾਇਤਾ ਵਜੋਂ ਇਕ ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਦਰਿਆ ਕਿਨਾਰੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪ੍ਰਬੰਧਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪ੍ਰਸ਼ਾਸਨ ਨੇ ਹਮੇਸ਼ਾ ਇਸ ਕੰਮ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਮਾਨਸੂਨ ਦੌਰਾਨ ਭਾਰੀ ਬਾਰਸ਼ ਅਤੇ ਸਤਲੁਜ ਦਰਿਆ ਵਿੱਚ ਪਾਣੀ ਆਉਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।