ਕੜੀ ਮੁਸ਼ੱਕਤ ਤੋਂ ਬਾਅਦ ਵੀ ਨਹੀਂ ਬਚਾਈ ਜਾ ਸਕੀ ਰਿਤਿਕ ਰੌਸ਼ਨ ਦੀ ਜਾਨ
-ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ 2 ਲੱਖ ਰੁਪਏ ਦਾ ਮੁਆਵਜ਼ਾ
-ਕੈਬਨਿਟ ਮੰਤਰੀ, ਹਲਕਾ ਵਿਧਾਇਕ ਟਾਂਡਾ, ਦਸੂਹਾ, ਸ਼ਾਮਚੁਰਾਸੀ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕੀਤਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਹੁਸ਼ਿਆਰਪੁਰ, 22 ਮਈ: ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਐਨ.ਡੀ.ਆਰ.ਐਫ. ਵਲੋਂ ਕੀਤੀ ਕੜੀ ਮੁਸ਼ੱਕਤ ਤੋਂ ਬਾਅਦ ਜਿਥੇ ਬੋਰਵੈਲ ਵਿਚ ਡਿੱਗੇ ਬੱਚੇ ਨੂੰ ਬਾਹਰ ਕੱਢ ਲਿਆ ਗਿਆ, ਉਥੇ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈਲ ਵਿਚ ਡਿੱਗੇ ਕਰੀਬ 6 ਸਾਲ ਦੇ ਬੱਚੇ ਰਿਤਿਕ ਰੌਸ਼ਨ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾਕਟਰਾਂ ਵਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ ਵਲੋਂ ਬੱਚੇ ਨੂੰ ਬਾਹਰ ਕੱਢਣ ਲਈ ਯਤਨ ਕੀਤੇ ਗਏ, ਪਰ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੀ ਸਮੇਂ-ਸਮੇਂ ’ਤੇ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ ਗਈ। ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਐਨ.ਡੀ.ਆਰ.ਐਫ. ਅਤੇ ਫੌਜ ਦੇ ਸਾਂਝੇ ਯਤਨਾਂ ਨਾਲ ਬੱਚੇ ਨੂੰ ਬੋਰਵੈਲ ਵਿਚੋਂ ਕੱਢ ਲਿਆ ਗਿਆ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾਕਟਰਾਂ ਵਲੋਂ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਬੱਚੇ ਦੀ ਮੌਤ ਸਾਹ ਘੁਟਣ ਨਾਲ ਹੋਈ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਟਾਂਡਾ ਤੋਂ ਇਲਾਵਾ ਹਲਕਾ ਵਿਧਾਇਕ ਦਸੂਹਾ ਕਰਮਜੀਤ ਸਿੰਘ ਘੁੰਮਣ ਅਤੇ ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਸਮੇਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਪਿੰਡ ਖਿਆਲਾ ਬੁਲੰਦਾ ਵਿਖੇ ਬੱਚੇ ਨੂੰ ਬੋਰਵੈਲ ਵਿਚੋਂ ਬਾਹਰ ਕੱਢਣ ਤੱਕ ਮੌਕੇ ’ਤੇ ਮੌਜੂਦ ਰਹੇ।
ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ, ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਸ੍ਰੀ ਕਰਮਜੀਤ ਸਿੰਘ ਘੁੰਮਣ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਹੈ।