ਕਿਸਾਨਾਂ ਵੱਲੋਂ ਭਾਜਪਾ ਨੂੰ ਦਿੱਤੇ ਸਮਰਥਨ ਤੋਂ ਸਪੱਸ਼ਟ ਹੈ ਕਿ ਜਿੱਤ ਭਾਜਪਾ ਦੀ ਹੀ ਹੋਵੇਗੀ : ਅਸ਼ਵਨੀ ਸ਼ਰਮਾ
ਕਿਸਾਨਾਂ ਨੇ ਟਰੈਕਟਰ ਰੈਲੀ ਕੱਢ ਕੇ ਭਾਜਪਾ ਨੂੰ ਦਿੱਤਾ ਸਮਰਥਨ।
ਜਲੰਧਰ, 8 ਮਈ ( ) : ਜਲੰਧਰ ਲੋਕ ਸਭਾ ਉਪ ਚੋਣ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਕਿਸਾਨ ਭਰਾਵਾਂ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਟਰੈਕਟਰ ਰੈਲੀ ਕੱਢੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਰੈਲੀ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਆਪਣੇ ਟਰੈਕਟਰਾਂ ਸਮੇਤ ਸ਼ਮੂਲੀਅਤ ਕੀਤੀ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਜ਼ਿਮਨੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਯਕੀਨੀ ਹੈ, ਕਿਉਂਕਿ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਤੀ ਸੋਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨI ਇੰਨਾ ਹੀ ਨਹੀਂ, ਕਿਸਾਨ ਭਰਾ ਵੀ ਇਹ ਸਮਝਣ ਲੱਗ ਪਏ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦੇ ਹਿੱਤ ਵਿੱਚ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨਾਲ ਉਨ੍ਹਾਂ ਦੀ ਆਮਦਨ ਦੁੱਗਣੀ ਹੋ ਸਕਦੀ ਹੈ। ਕੇਂਦਰ ਸਰਕਾਰ ਇੱਕ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਕਿਸਾਨਾਂ ਨੂੰ ਵਿਸ਼ਵ ਮੁਕਾਬਲੇ ਲਈ ਤਿਆਰ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਖੇਤੀ ਵਿੱਚ ਵਿਭਿੰਨਤਾ ਲਿਆ ਕੇ ਆਮਦਨ ਦੇ ਨਵੇਂ ਸਰੋਤ ਲੱਭਣ ਲਈ ਪ੍ਰੇਰਿਤ ਕਰ ਰਹੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਨੂੰ ਆਧੁਨਿਕ ਖੇਤੀ ਨਾਲ ਜੋੜਨ ਲਈ ਵਚਨਬੱਧ ਹਨ ਅਤੇ ਲਗਾਤਾਰ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਕਿਸਾਨਾਂ ਲਈ ਕਈ ਲਾਭਕਾਰੀ ਯੋਜਨਾਵਾਂ ਜਿਵੇਂ ਕਿ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹਰੇਕ ਕਿਸਾਨ ਨੂੰ 6,000 ਰੁਪਏ ਸਾਲਾਨਾ ਸਿੱਧੇ ਉਸਦੇ ਖਾਤੇ ਵਿੱਚ, ਕਿਸਾਨਾਂ ਲਈ ਨੀਮ ਕੋਟੇਡ ਯੂਰੀਆ ਉਹ ਵੀ 50% ਸਬਸਿਡੀ ‘ਤੇ, ਕਿਸਾਨ ਫਸਲ ਬੀਮਾ ਯੋਜਨਾ, ਕਿਸਾਨ ਸੋਇਲ ਕਾਰਡ ਯੋਜਨਾ ਆਦਿ ਕਈ ਹੋਰ ਯੋਜਨਾਵਾਂ ਸ਼ੁਰੂ ਕੀਤੀਆਂ ਗਾਈਆਂ ਹਨ, ਜਿਸ ਦਾ ਦੇਸ਼ ਦੇ ਹੋਰਨਾਂ ਸੂਬਿਆਂ ਦੇ ਕਿਸਾਨ ਭਰਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਵੱਲੋਂ ਭਾਜਪਾ ਦੇ ਹੱਕ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੱਢੀਆਂ ਜਾ ਰਹੀਆਂ ਰੈਲੀਆਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਜਿੱਤ ਭਾਜਪਾ ਦੀ ਹੀ ਹੋਵੇਗੀ।