ਪੰਜਾਬ ਸਰਕਾਰ ਵਲੋਂ 700 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਏਜੰਟਾਂ ਖਿਲਾਫ ਚੁੱਪੀ ਬੇਹਦ ਸ਼ਰਮਨਾਕ : ਜੀਵਨ ਗੁਪਤਾ
700 ਵਿਦਿਆਰਥੀਆਂ ਦੇ ਮਾਮਲੇ ‘ਚ ਦਖਲ ਦੇ ਕੇ ਉਨ੍ਹਾਂ ਨੂੰ ਕੈਨੇਡਾ ‘ਚੋਂ ਕੱਢੇ ਜਾਣ ਤੋਂ ਰੁਕਵਾਉਣ ਲਈ ਜੀਵਨ ਗੁਪਤਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਕੀਤਾ ਧੰਨਵਾਦ।
ਜਲੰਧਰ, 15 ਜੂਨ ( ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕੈਨੇਡਾ ਸਰਕਾਰ ਵਲੋਂ ਡਿਪੋਰਟ ਕੀਤੇ ਜਾਣ ਵਾਲੇ ਲਗਭਗ 700 ਵਿਦਿਆਰਥੀਆਂ ਦੇ ਭਵਿਖ ਨੂੰ ਦੇਖਦੇ ਹੋਏ ਇਸ ਮਾਮਲੇ ‘ਚ ਖੁਦ ਦਖਲ ਦੇ ਕੇ ਉਹਨਾਂ ਦਾ ਡਿਪੋਰਟ ਰੁਕਵਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਸਹੀ ਸਮੇਂ ‘ਤੇ ਚੁੱਕਿਆ ਗਿਆ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਜਿਸ ਦਾ ਕੇਂਦਰ ਸਰਕਾਰ ਵੱਲੋਂ ਸਹੀ ਸਮੇਂ ’ਤੇ ਚੁੱਕਿਆ ਗਿਆ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਜੋ ਕਿ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਜਾਣ ਤੋਂ ਬਚਾਉਣ ਲਈ ਨਿੱਜੀ ਤੌਰ ’ਤੇ ਚੁੱਕਿਆ ਗਿਆ ਹੈ। ਪਰ ਬੜੀ ਸ਼ਰਮ ਦੀ ਗੱਲ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਦੇ ਨਾਂ ‘ਤੇ ਧੋਖਾਧੜੀ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਇਨ੍ਹਾਂ ਕਥਿਤ ਇਮੀਗ੍ਰੇਸ਼ਨ ਕੰਪਨੀਆਂ ਅਤੇ ਜਲੰਧਰ ਦੀਆਂ ਇਨ੍ਹਾਂ ਦੇ ਏਜੰਟਾਂ ਖਿਲਾਫ ਹਾਲੇ ਤੀਕ ਨਾ ਤਾਂ ਕੋਈ ਕੇਸ ਦਰਜ ਕੀਤਾ ਹੈ ਅਤੇ ਨਾ ਹੀ ਅਜੇ ਤੱਕ ਕੋਈ ਕਾਰਵਾਈ ਕੀਤੀ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਸਿੱਖਿਆ ਦੇ ਨਾਂ ‘ਤੇ ਦਿੱਲੀ ਮਾਡਲ ਸਮੇਤ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵਿਦੇਸ਼ ਗਏ ਇਨ੍ਹਾਂ 700 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਇਨ੍ਹਾਂ ਕਥਿਤ ਇਮੀਗ੍ਰੇਸ਼ਨ ਕੰਪਨੀਆਂ ਅਤੇ ਉਨ੍ਹਾਂ ਦੇ ਏਜੰਟ ਦਾ ਧੋਖਾ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਕੀਤੇ ਇਹ ਕਥਿਤ ਕੰਪਨੀਆਂ ਜਾਂ ਇਨ੍ਹਾਂ ਦੇ ਏਜੰਟ ਸਰਕਾਰ ਦੇ ਕਰੀਬੀ ਤਾਂ ਨਹੀਂ ਹਨ।
ਜੀਵਨ ਗੁਪਤਾ ਨੇ ਕਿਹਾ ਕਿ ਇਹ ਸਾਰੇ ਵਿਦਿਆਰਥੀ ਪਿਛਲੇ ਕਰੀਬ ਚਾਰ ਸਾਲਾਂ (2018-19 ਵਿੱਚ) ਤੋਂ ਉੱਥੇ ਪੜ੍ਹ ਰਹੇ ਸਨ ਅਤੇ ਹੁਣ ਜਦੋਂ ਉਨ੍ਹਾਂ ਨੇ ਪੀਆਰ ਲਈ ਅਪਲਾਈ ਕੀਤਾ ਤਾਂ ਕੈਨੇਡਾ ਸਰਕਾਰ ਵੱਲੋਂ ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਇਨ੍ਹਾਂ ਦੇ ਦਸਤਾਵੇਜ਼ ਜਾਅਲੀ ਪਾਏ ਗਏ। ਜਿਸ ਤੋਂ ਬਾਅਦ ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਨੂੰ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਜਿਸ ਕਾਰਨ ਇਹ ਸਾਰੇ ਵਿਦਿਆਰਥੀ ਬਹੁਤ ਪਰੇਸ਼ਾਨ ਹਨ। ਇਨ੍ਹਾਂ ਵਿਦਿਆਰਥੀਆਂ ਨੇ ‘ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼’ ਨਾਂ ਦੀ ਕਥਿਤ ਕੰਪਨੀ ਰਾਹੀਂ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ ਸੀ, ਜਿਸ ਦਾ ਦਫ਼ਤਰ ਜਲੰਧਰ, ਪੰਜਾਬ ਵਿੱਚ ਸਥਿਤ ਸੀ, ਜੋ ਕਿ ਇਮੀਗ੍ਰੇਸ਼ਨ ਅਤੇ ਵੀਜ਼ਾ ਸਲਾਹਕਾਰਾਂ ਦੇ ਕਾਰੋਬਾਰ ਅਤੇ ਸੇਵਾਵਾਂ ਨਾਲ ਜੁੜੇ ਹੋਣ ਦਾ ਦਾਅਵਾ ਕਰਦੀ ਸੀ। ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਕੈਨੇਡਾ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਆਪਣੇ ਬੱਚਿਆਂ ਦੇ ਸੁਰੱਖਿਅਤ ਦਾਖਲੇ ਅਤੇ ਹੋਰ ਖਰਚਿਆਂ ਦੇ ਰੂਪ ਵਿੱਚ ਉਪਰੋਕਤ ਕੰਪਨੀ ਨੂੰ ਵੱਡੀ ਰਕਮ ਅਦਾ ਕੀਤੀ। ਜ਼ਿਕਰਯੋਗ ਹੈ ਕਿ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਉਪਰੋਕਤ ਕੰਪਨੀ ਦੇ ਅਪਰਾਧੀਆਂ ਨੇ ਹਰ ਵਿਦਿਆਰਥੀ ਤੋਂ ਹਵਾਈ ਟਿਕਟ ਅਤੇ ਸਕਿਓਰਿਟੀ ਡਿਪਾਜ਼ਿਟ ਨੂੰ ਛੱਡ ਕੇ 16.00 ਲੱਖ ਰੁਪਏ ਤੋਂ ਵੱਧ ਦੀ ਰਕਮ ਲਈ ਗਈ ਸੀ।
ਜੀਵਨ ਗੁਪਤਾ ਨੇ ਕੇਂਦਰੀ ਮੰਤਰੀ ਐਸ. ਜੈਸ਼ੰਕਰ ਤੋਂ ਮੰਗ ਕੀਤੀ ਕਿ ਕੈਨੇਡਾ ਵਿਚ ਪੜ੍ਹਨ ਲਈ ਗਏ ਭਾਰਤੀ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਵਿਦੇਸ਼ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਵੀ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਉਪਰੋਕਤ ‘ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼’ ਅਤੇ ਅਜਿਹੀਆਂ ਹੋਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਵਾਲੀਆਂ ਕੰਪਨੀਆਂ ‘ਤੇ ਸ਼ਿਕੰਜਾ ਕੱਸਿਆ ਜਾਵੇ ਅਤੇ ਉਪਰੋਕਤ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਵਿਰੁੱਧ ਕਾਰਵਾਈ ਕੀਤੀ ਜਾਵੇ।