ਸਿੱਖ ਕੌਮ ਦੀ ਚਿਕਰੋਣੀ ਮੰਗ ਨੂੰ ਪੂਰਾ ਕਰਦਿਆਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਜੁਲਾਈ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਮ ਤੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਇਹ ਬਹੁਤ ਹੀ ਸ਼ਲਾਘਾਯੋਗ ਹੈ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਤੇ ਸਮੁੱਚੀ ਸ਼੍ਰੋਮਣੀ ਕਮੇਟੀ ਇਸ ਉੱਦਮ ਲਈ ਵਧਾਈ ਦੇ ਪਾਤਰ ਹਨ । ਹੋਰ ਖ਼ੁਸ਼ੀ ਦੀ ਗੱਲ ਹੈ ਜੋ ਸ. ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਤਿੰਨ ਮਹੀਨੇ ਦੇ ਅੰਦਰ ਆਪਣਾ ਸੈਟੇਲਾਇਟ ਚੈਨਲ ਵੀ ਚਲਾਏਗੀ । ਜਿਸ ਰਾਹੀ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਇਲਾਹੀ ਬਾਣੀ ਦੇ ਕੀਰਤਨ ਅਤੇ ਗੁਰਮਤਿ ਨਾਲ ਜੁੜ ਸਕੇਗਾ । ਸ. ਹਰਜਿੰਦਰ ਸਿੰਘ ਧਾਮੀ ਜਿੰਨਾ ਦੇ ਕਾਰਜਕਾਲ ਵਿੱਚ ਸ਼੍ਰੋਮਣੀ ਕਮੇਟੀ ਇਹ ਇਤਿਹਾਸਕ ਕੰਮ ਕਰਨ ਜਾ ਰਹੀ ਹੈ । ਉਹਨਾਂ ਨੂੰ ਵੀ ਆਉਣ ਵਾਲੀਆਂ ਪੀੜ੍ਹੀਆਂ ਇਸ ਉੱਦਮ ਲਈ ਸਦਾ ਯਾਦ ਰੱਖਣਗੀਆਂ ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ ਉੱਦਮ ਦੀ ਵਧਾਈ ਦਿੰਦਿਆਂ ਕੀਤਾ ।