ਖੇਡਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਦੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਨ-ਅੰਮ੍ਰਿਤਪਾਲ ਸਿੰਘ
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਫੁੱਟਬਾਲ ਕਲੱਬ ਨੂੰ ਸੋਲਰ ਕੁਨੈਕਸ਼ਨ ਦੇਣ ਦਾ ਐਲਾਨ ਕੀਤਾ
ਜਲੰਧਰ 6 ਫਰਵਰੀ
ਖੇਡਾਂ ਹੀ ਇੱਕ ਅਜਿਹਾ ਖੇਤਰ ਹੈ ਜਿਸ ਨਾਲ ਜੁੜ ਕੇ ਸਾਡੇ ਨੌਜਵਾਨ ਨਾ ਸਿਰਫ਼ ਨਸ਼ਿਆਂ ਤੋਂ ਦੂਰ ਰਹਿ ਸਕਦੇ ਹਨ ਸਗੋਂ ਜ਼ਿੰਦਗੀ ਵਿੱਚ ਵੱਡੀਆਂ ਉਚਾਈਆਂ ਵੀ ਹਾਸਲ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਵਿਧਾਨ ਸਭਾ ਹਲਕਾ ਛਾਉਣੀ ਦੇ ਪਿੰਡ ਭੋਡੇ ਸਪਰਾਵਾਂ ਵਿੱਚ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੇ ਲੜਕੀਆਂ ਦੇ ਫੁੱਟਬਾਲ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਲੜਕੇ ਅਤੇ ਲੜਕੀਆਂ ਵਿੱਚ ਕੋਈ ਫਰਕ ਨਹੀਂ ਹੈ ਅਤੇ ਅੱਜ ਲੜਕੀਆਂ ਖੇਡਾਂ ਵਿੱਚ ਹੀ ਨਹੀਂ ਸਗੋਂ ਹਰ ਖੇਤਰ ਵਿੱਚ ਲੜਕਿਆਂ ਦੇ ਬਰਾਬਰ ਕੰਮ ਕਰ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਪਿੰਡ ਦੇ ਫੁੱਟਬਾਲ ਕਲੱਬ ਨੂੰ ਸੋਲਰ ਕੁਨੈਕਸ਼ਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਸੰਸਥਾ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ।
ਚੇਅਰਮੈਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪਹਿਲਾਂ ਹੀ ਕਈ ਵੱਡੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਖਿਡਾਰੀਆਂ ਨੂੰ ਸਿਖਲਾਈ ਦੇਣ ਤੋਂ ਲੈ ਕੇ ਉਨ੍ਹਾਂ ਨੂੰ ਇਨਾਮ ਦੇਣ ਤੱਕ ਕਈ ਵੱਡੇ ਕਦਮ ਚੁੱਕੇ ਗਏ ਹਨ। ਇਸ ਦੌਰਾਨ ਮੰਗਲ ਸਿੰਘ ਬਾਸੀ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ, ਗੁਰਿੰਦਰ ਸਿੰਘ ਸ਼ੇਰਗਿੱਲ, ਸੁਭਾਸ਼ ਭਗਤ ਚੇਅਰਮੈਨ ਮਾਰਕੀਟ ਕਮੇਟੀ ਜਲੰਧਰ ਛਾਉਣੀ, ਸੁਭਾਸ਼ ਸ਼ਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਅਤੇ ਰੂਬਲ ਸੰਧੂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਨੇ ਵੀ ਸ਼ਿਰਕਤ ਕੀਤੀ।