Skip to content

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਪੰਜਾਬ ਬਣਾਉਣ ਦਾ ਮਜ਼ਬੂਤ ਸਾਧਨ: ਪਰਗਟ ਸਿੰਘ

ਜਲੰਧਰ, 22 ਨਵੰਬਰ (ਪਬਲਿਕ ਟਾਈਮਜ਼ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂ ਸਰਦਾਰ ਪਰਗਟ ਸਿੰਘ ਨੇ ਜਲੰਧਰ ਕੈਂਟ ਵਿਧਾਨ ਸਭਾ...

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਪੰਜਾਬ ਬਣਾਉਣ ਦਾ ਮਜ਼ਬੂਤ ਸਾਧਨ: ਪਰਗਟ ਸਿੰਘ
Share Facebook X WhatsApp Telegram Email
View in ePaper

ਭੋਡੇ ਸਪਰਾਏ ਵਿਖੇ ਬਾਬਾ ਦੀਵਾਨ ਸਿੰਘ ਫੁੱਟਬਾਲ ਅਕੈਡਮੀ ਦੇ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ; ਖਿਡਾਰੀਆਂ ਦਾ ਹੌਸਲਾ ਵਧਾ ਕੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੁੜਨ ਦੀ ਕੀਤੀ ਅਪੀਲ

ਜਲੰਧਰ, 22 ਨਵੰਬਰ (ਪਬਲਿਕ ਟਾਈਮਜ਼ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂ ਸਰਦਾਰ ਪਰਗਟ ਸਿੰਘ ਨੇ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਪਿੰਡ ਭੋਡੇ ਸਪਰਾਏ ਵਿਖੇ ਬਾਬਾ ਦੀਵਾਨ ਸਿੰਘ ਫੁੱਟਬਾਲ ਅਕੈਡਮੀ ਵੱਲੋਂ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ, ਨਸ਼ਿਆਂ ਤੋਂ ਦੂਰ ਰੱਖਣ ਅਤੇ ਸੂਬੇ ਨੂੰ ਸਿਹਤਮੰਦ ਬਣਾਉਣ ਵਿੱਚ ਖੇਡਾਂ ਦੀ ਅਹਿਮ ਭੂਮਿਕਾ ਹੈ।

ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੰਦੀਆਂ ਹਨ

ਇਸ ਮੌਕੇ ਪਰਗਟ ਸਿੰਘ ਨੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਾਮਨਾ ਕੀਤੀ ਕਿ ਪੰਜਾਬ ਦਾ ਹਰ ਖਿਡਾਰੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰੇ ਅਤੇ ਆਪਣੇ ਹੁਨਰ, ਲਗਨ ਤੇ ਮਿਹਨਤ ਨਾਲ ਪੰਜਾਬ ਦਾ ਨਾਮ ਰੌਸ਼ਨ ਕਰੇ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਰੋਜ਼ਾਨਾ ਸਵੇਰੇ ਉੱਠ ਕੇ ਕਸਰਤ ਕਰਨ, ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਪਰਮਾਤਮਾ ਦਾ ਨਾਮ ਲੈ ਕੇ ਦਿਨ ਦੀ ਸ਼ੁਰੂਆਤ ਕਰਨ।

ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਖੇਡ ਸੱਭਿਆਚਾਰ ਜ਼ਰੂਰੀ

ਪਰਗਟ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਨਸ਼ਿਆਂ ਦੀ ਲਪੇਟ ਵਿੱਚ ਆ ਕੇ ਕਈ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ, ਜੋ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਇੱਕ ਅਜਿਹਾ ਮਜ਼ਬੂਤ ਸਾਧਨ ਹਨ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਅਨੁਸਾਰ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਤੱਕ ਹੀ ਸੀਮਤ ਨਹੀਂ ਹਨ, ਸਗੋਂ ਇਹ ਮਾਨਸਿਕ ਸਿਹਤ ਨੂੰ ਵੀ ਬਿਹਤਰ ਬਣਾਉਂਦੀਆਂ ਹਨ। ਖੇਡ ਮੈਦਾਨਾਂ ਵਿੱਚ ਨੌਜਵਾਨਾਂ ਨੂੰ ਅਨੁਸ਼ਾਸਨ, ਮਿਹਨਤ, ਸਬਰ ਅਤੇ ਟੀਮ ਭਾਵਨਾ ਵਰਗੇ ਗੁਣ ਸਿੱਖਣ ਦਾ ਮੌਕਾ ਮਿਲਦਾ ਹੈ।

ਖਿਡਾਰੀਆਂ ਨੂੰ ਮਿਲਣ ਸਹੂਲਤਾਂ, ਪੰਜਾਬ ਦਾ ਨਾਮ ਹੋਵੇਗਾ ਰੌਸ਼ਨ

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ।

ਪਰਗਟ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਜਿਹੇ ਟੂਰਨਾਮੈਂਟ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੀ ਮਿਹਨਤ ਅਤੇ ਸਮਰਪਣ ਨਾਲ ਖੇਡਣ ਅਤੇ ਆਪਣੇ ਹੁਨਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਉਨ੍ਹਾਂ ਨੇ ਬਾਬਾ ਦੀਵਾਨ ਸਿੰਘ ਫੁੱਟਬਾਲ ਅਕੈਡਮੀ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।