ePaper Reading mode

Public Times ePaper

Saturday, 12 September 2026

‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਜੰਗ: ਅਮਨ ਅਰੋੜਾ

‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਜੰਗ: ਅਮਨ ਅਰੋੜਾ

551 ਦਿਨਾਂ ’ਚ 76 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਦਾ ਦਾਅਵਾ; ਆਖਰੀ ਪੜਾਅ ’ਚ 500 ਤੋਂ ਵੱਧ ਟੀਮ ਮੈਂਬਰ ਹਰ ਪਿੰਡ ਤੇ ਵਾਰਡ ਤੱਕ ਪਹੁੰਚਣਗੇ

ਫਿਲੌਰ (ਜਲੰਧਰ), 11 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਜੰਗ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਮੁਹਿੰਮ ਤਹਿਤ 551 ਦਿਨਾਂ ਦੌਰਾਨ 76,000 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਹੁਣ ਆਪਣੇ ਆਖਰੀ ਪੜਾਅ ਵਿੱਚ ਦਾਖ਼ਲ ਹੋ ਰਹੀ ਹੈ ਅਤੇ ਅਗਲੇ ਇੱਕ ਮਹੀਨੇ ਦੌਰਾਨ 500 ਤੋਂ ਵੱਧ ਟੀਮ ਮੈਂਬਰ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚਣਗੇ।

ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਸੂਬੇ ਭਰ ਤੋਂ ਇਕੱਠੇ ਹੋਏ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ 500 ਤੋਂ ਵੱਧ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਮੁਹਿੰਮ ਨਾਲ ਜੁੜੀ ਸਮੁੱਚੀ ਟੀਮ ਨੂੰ ਕੰਮ ਲਈ ਵਧਾਈ ਵੀ ਦਿੱਤੀ।

‘ਹਰ ਪਿੰਡ ਤੇ ਵਾਰਡ ’ਚ ਲੋਕਾਂ ਨਾਲ ਹੋਵੇਗਾ ਸਿੱਧਾ ਸੰਪਰਕ’

ਅਮਨ ਅਰੋੜਾ ਨੇ ਦੱਸਿਆ ਕਿ ਮੁਹਿੰਮ ਦੇ ਅਗਲੇ ਪੜਾਅ ਵਿੱਚ 500 ਤੋਂ ਵੱਧ ਟੀਮ ਮੈਂਬਰ ਅਗਲੇ ਇੱਕ ਮਹੀਨੇ ਦੌਰਾਨ ਹਰੇਕ ਪਿੰਡ ਅਤੇ ਸ਼ਹਿਰੀ ਵਾਰਡ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ। ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਹੁਣ ਤੱਕ ਕੀਤੀ ਕਾਰਵਾਈ ਅਤੇ ਮੁਹਿੰਮ ਦੀ ਪ੍ਰਗਤੀ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਲੋਕ-ਸੰਪਰਕ ਮੁਹਿੰਮ ਦਾ ਮਕਸਦ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਵਧਾਉਣ ਦੇ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਜਨਤਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ।

ਪਿਛਲੀਆਂ ਸਰਕਾਰਾਂ ’ਤੇ ਵੀ ਸਾਧਿਆ ਨਿਸ਼ਾਨਾ

ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਾਰਨ ਨਸ਼ਾ ਨੈੱਟਵਰਕ ’ਤੇ ਦਬਾਅ ਵਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਖ਼ਤ ਰੁਖ਼ ਅਪਣਾ ਰਹੀ ਹੈ।

ਅਰੋੜਾ ਨੇ ਪਿਛਲੀਆਂ ਸਰਕਾਰਾਂ ’ਤੇ ਵੀ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪਿਛਲੇ ਸਮਿਆਂ ਦੌਰਾਨ ਸੱਤਾਧਾਰੀ ਪਾਰਟੀਆਂ ਨਾਲ ਜੁੜੇ ਕੁਝ ਆਗੂ ਨਸ਼ਿਆਂ ਦੇ ਨੈੱਟਵਰਕ ਵਿੱਚ ਸ਼ਾਮਲ ਰਹੇ, ਜਿਸ ਕਾਰਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੋਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਟੀਚਾ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਸੂਬਾ ਆਬਜ਼ਰਵਰ ਅਸ਼ਿਤ ਕੁਮਾਰ, ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ, ਦਿਨੇਸ਼ ਸੂਰੀ ਅਤੇ ਪੁਸ਼ਪਿੰਦਰ ਚਾਹਲ, ਜ਼ੋਨ ਕੋਆਰਡੀਨੇਟਰ ਦਿਕਸ਼ਿਨ ਧਵਨ, ਅਨੂੰ ਬੱਬਰ ਅਤੇ ਗਗਨ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਕੋਆਰਡੀਨੇਟਰ ਵੀ ਮੌਜੂਦ ਸਨ।